ਚੰਡੀਗੜ੍ਹ/ਬਿਊਰੋ ਨਿਊਜ਼- ਚੰਡੀਗੜ੍ਹ, ਮੁਹਾਲੀ ਅਤੇ ਪੰਚਕੂਲਾ ਵਿਚ ਵੀ ਹੜ੍ਹਾਂ ਦੀ ਚਿਤਾਵਨੀ ਜਾਰੀ ਕਰ ਦਿੱਤੀ ਗਈ ਹੈ। ਇਹ ਚਿਤਾਵਨੀ ਘੱਗਰ ਨਦੀ ਵਿਚ ਪਾਣੀ ਦਾ ਪੱਧਰ ਤੇਜ਼ੀ ਨਾਲ ਵਧਣ ਅਤੇ ਪੂਰੇ ਖੇਤਰ ਵਿਚ ਭਾਰੀ ਮੀਂਹ ਤੇ ਸੁਖਨਾ ਝੀਲ ਦੇ ਫਲੱਡ ਗੇਟ ਖੁੱਲ੍ਹਣ ਤੋਂ ਬਾਅਦ ਜਾਰੀ ਹੋਈ ਹੈ।
ਇਹ ਘੱਗਰ ਨਦੀ ਹਿਮਾਚਲ ਪ੍ਰਦੇਸ਼ ਵਿਚੋਂ ਨਿਕਲਦੀ ਹੈ ਅਤੇ ਪੰਜਾਬ ’ਚ 165 ਕਿਲੋਮੀਟਰ ਦਾ ਰਸਤਾ ਤੈਅ ਕਰਦੀ ਹੈ। ਇਸਦੇ ਚੱਲਦਿਆਂ ਘੱਗਰ ਦੇ ਨਾਲ ਲੱਗਦੇ ਪਿੰਡਾਂ ਨੂੰ ਹਾਈ ਅਲਰਟ ’ਤੇ ਰੱਖਿਆ ਗਿਆ ਹੈ। ਮੁਹਾਲੀ ਦੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਘੱਗਰ ਨੇੜਲੇ ਪਿੰਡਾਂ ਦਾ ਜਾਇਜ਼ਾ ਵੀ ਲਿਆ ਗਿਆ ਹੈ।
ਘੱਗਰ ਨਦੀ ਵਿਚ ਵਧ ਰਹੇ ਪਾਣੀ ਦੇ ਪੱਧਰ ਕਾਰਨ ਰਾਜਪੁਰਾ ਦੇ ਕਈ ਪਿੰਡਾਂ ਨੂੰ ਵੀ ਚੌਕਸ ਰਹਿਣ ਲਈ ਕਿਹਾ ਗਿਆ ਹੈ। ਇਸੇ ਦੌਰਾਨ ਚੰਡੀਗੜ੍ਹ ਦੀ ਸੁਖਨਾ ਝੀਲ ਦੇ ਤਿੰਨ ਫਲੱਡ ਗੇਟਾਂ ਵਿਚੋਂ ਦੋ ਗੇਟ ਅੱਜ ਖੋਲ੍ਹ ਦਿੱਤੇ ਗਏ ਸਨ। ਦੱਸਣਯੋਗ ਹੈ ਕਿ ਇਸ ਮਾਨਸੂਨ ਸੀਜ਼ਨ ਵਿਚ ਇਹ ਛੇਵੀਂ ਵਾਰ ਹੈ ਜਦੋਂ ਸੁਖਨਾ ਝੀਲ ਦੇ ਫਲੱਡ ਗੇਟ ਖੋਲ੍ਹੇ ਗਏ ਹਨ।

