ਅੰਮ੍ਰਿਤਸਰ/ਬਿਊਰੋ ਨਿਊਜ਼:- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਇਕੱਤਰਤਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਅੰਮ੍ਰਿਤਸਰ ’ਚ ਹੋਈ ਹੈ। ਐਸਜੀਪੀਸੀ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਮੰਗ ਕੀਤੀ ਗਈ ਕਿ ਬੰਦੀ ਸਿੰਘਾਂ ਦੀ ਰਿਹਾਈ ਅਤੇ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਤਬਦੀਲੀ ਸਬੰਧੀ 2019 ਵਿਚ ਜਾਰੀ ਕੀਤੇ ਨੋਟੀਫਿਕੇਸ਼ਨ ਨੂੰ ਲਾਗੂ ਕੀਤਾ ਜਾਵੇ।
ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਦਿੱਤੀ ਗਈ। ਧਾਮੀ ਨੇ ਦੱਸਿਆ ਕਿ 350 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫਤਿਹਗੜ੍ਹ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਚੇਅਰ ਸਥਾਪਤ ਕਰਨ ਦਾ ਮਤਾ ਪਾਸ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਇਕੱਤਰਤਾ ਦੌਰਾਨ ਪਿਛਲੇ ਦਿਨੀਂ ਸ਼੍ਰੀਨਗਰ ਵਿਖੇ ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਵਲੋਂ ਕਰਵਾਏ ਗਏ ਸਮਾਗਮ ਦੌਰਾਨ ਮਰਿਆਦਾ ਦੀ ਉਲੰਘਣਾ ਕਰਨ ਦੀ ਘਟਨਾ ਦੀ ਸਖਤ ਨਿੰਦਾ ਕੀਤੀ ਗਈ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਇਸ ਘਟਨਾ ਸਬੰਧੀ ਸਖਤ ਕਾਰਵਾਈ ਕਰਨ।

