ਅੰਮ੍ਰਿਤਸਰ ਜ਼ਿਲ੍ਹੇ ’ਚ ਪੈਂਦੇ ਕਸਬਾ ਮਜੀਠਾ ਨੇੜਲੇ ਅੱਧੀ ਦਰਜਨ ਦੇ ਕਰੀਬ ਪਿੰਡਾਂ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਹੋਈਆਂ ਮੌਤਾਂ ਦੀ ਗਿਣਤੀ 23 ਹੋ ਗਈ ਹੈ ਅਤੇ ਅੱਧੀ ਦਰਜਨ ਵਿਅਕਤੀਆਂ ਦੀ ਹਾਲਤ ਅਜੇ ਵੀ ਗੰਭੀਰ ਬਣੀ ਹੋਈ ਹੈ। ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਜ਼ਹਿਰੀਲੀ ਸ਼ਰਾਬ ਦੁਖਾਂਤ ਦੇ ਸਬੰਧ ਵਿੱਚ ਦਿੱਲੀ ਦੇ ਦੋ ਹੋਰ ਵਪਾਰੀ ਕਾਬੂ ਕੀਤੇ ਹਨ।
ਇਸ ਮਾਮਲੇ ਵਿੱਚ ਹੁਣ ਤੱਕ ਕੁੱਲ 15 ਵਿਅਕਤੀਆਂ ਨੂੰ ਗਿ੍ਰਫਤਾਰ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਮਜੀਠਾ ਸਬ ਡਿਵੀਜ਼ਨ ਦੇ ਪੰਜ ਪਿੰਡਾਂ ਵਿੱਚ ਮੰਗਲਵਾਰ ਨੂੰ ਜ਼ਹਿਰੀਲੀ ਸ਼ਰਾਬ ਪੀਣ ਤੋਂ ਬਾਅਦ 21 ਵਿਅਕਤੀ, ਜੋ ਸਾਰੇ ਗਰੀਬ ਮਜ਼ਦੂਰ ਆਦਿ ਸਨ, ਉਨ੍ਹਾਂ ਦੀ ਮੌਤ ਹੋ ਗਈ ਸੀ। ਪੁਲਿਸ ਨੇ ਸ਼ੱਕੀ ਵਿਅਕਤੀਆਂ ਖਿਲਾਫ ਕਤਲ, ਇਰਾਦਾ ਕਤਲ ਅਤੇ ਆਬਕਾਰੀ ਐਕਟ ਦੇ ਦੋ ਵੱਖ-ਵੱਖ ਮਾਮਲੇ ਦਰਜ ਕੀਤੇ ਹਨ।
ਧਿਆਨ ਰਹੇ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਲੰਘੇ ਕੱਲ੍ਹ ਪੀੜਤ ਪਰਿਵਾਰਾਂ ਕੋਲ ਪਹੰੁਚੇ ਹਨ ਅਤੇ ਉਨ੍ਹਾਂ ਨੇ ਜ਼ਹਿਰੀਲੀ ਸ਼ਰਾਬ ਪੀਣ ਕਰਕੇ ਜਾਨ ਗੁਆਉਣ ਵਾਲੇ ਹਰ ਵਿਅਕਤੀ ਦੇ ਪਰਿਵਾਰ ਨੂੰ 10 ਲੱਖ ਰੁਪਏ ਦੀ ਸਹਾਇਤਾ ਦਾ ਐਲਾਨ ਕੀਤਾ ਸੀ। ਉਨ੍ਹਾਂ ਇਹ ਵੀ ਕਿਹਾ ਕਿ ਪੀੜਤ ਪਰਿਵਾਰਾਂ ਦੇ ਬੱਚਿਆਂ ਦੀ ਪੜ੍ਹਾਈ ਦਾ ਖਰਚਾ ਵੀ ਪੰਜਾਬ ਸਰਕਾਰ ਵਲੋਂ ਚੁੱਕਿਆ ਜਾਵੇਗਾ।
ਇਸ ਮਸਲੇ ਨੂੰ ਲੈ ਕਿ ਪੰਜਾਬ ਦੀਆਂ ਵਿਰੋਧੀਆਂ ਪਾਰਟੀਆਂ ਨੇ ਵੀ ਸਰਕਾਰ ਦੀ ਕਰੜੀ ਨਿੰਦਾ ਤੇ ਅਲੋਚਨਾ ਕੀਤੀ ਹੈ। ਸੁਖਬੀਰ ਬਾਦਲ ਨੇ ਭਗਵੰਤ ਸਰਕਾਰ ਤੇ ਆਮ ਆਦਮੀ ਪਾਰਟੀ ਤੇ ਦੱਬ ਕੇ ਭੜਾਸ ਕੱਢੀ ਹੈ। ਉਹਨਾਂ ਨੇ ਕਿਹਾ ਕਿ ਸਰਕਾਰ ਵਿੱਚ ਬੈਠੇ ਵੱਡੇ ਰਸੁਖਦਾਰ ਇਸ ਮਾਮਲੇ ਵਿੱਚ ਸ਼ਾਮਲ ਹੋ ਸਕਦੇ ਹਨ।
ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਭਗਵੰਤ ਮਾਨ ਨੂੰ ਇਸ ਮਾਮਲੇ ਤੇ ਰਾਜਨੀਤੀ ਨਹੀਂ ਕਾਰਵਾਈ ਕਰਨੀ ਚਾਹੀਦੀ ਹੈ। ਉਹਨਾਂ ਨੇ ਵੀ ਆਮ ਆਦਮੀ ਪਾਰਟੀ ਤੇ ਤੰਜ ਕਸਿਆ ਹੈ।