ਪੰਜਾਬ ਅਤੇ ਹਰਿਆਣਾ ਵਿੱਚ ਅੱਜ ਸੋਮਵਾਰ ਨੂੰ 77ਵਾਂ ਗਣਤੰਤਰ ਦਿਵਸ ਪੂਰੇ ਉਤਸ਼ਾਹ ਅਤੇ ਦੇਸ਼ ਭਗਤੀ ਦੇ ਜਜ਼ਬੇ ਨਾਲ ਮਨਾਇਆ ਗਿਆ। ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਫਾਜ਼ਿਲਕਾ ਵਿਖੇ ਸੂੂਬਾ ਪੱਧਰੀ ਸਮਾਗਮ ਵਿੱਚ ਕੌਮੀਂ ਝੰਡਾ ਲਹਿਰਾਇਆ, ਜਦੋਂਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਵਿੱਚ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਮਾਨ ਨੇ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਕਰਨ ਵਾਲੇ ਹਥਿਆਰਬੰਦ ਬਲਾਂ ਨੂੰ ਸਲਾਮ ਕੀਤਾ। ਉਧਰ ਦੂਜੇ ਪਾਸੇ ਹਰਿਆਣਾ ਦੇ ਰਾਜਪਾਲ ਅਸੀਮ ਕੁਮਾਰ ਘੋਸ਼ ਨੇ ਪੰਚਕੂਲਾ ਵਿੱਚ ਅਤੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਗੁਰੂਗ੍ਰਾਮ ਵਿੱਚ ਝੰਡਾ ਲਹਿਰਾ ਕੇ ਗਣਤੰਤਰ ਦਿਵਸ ਦੇ ਜਸ਼ਨਾਂ ਦੀ ਅਗਵਾਈ ਕੀਤੀ। ਦੋਵਾਂ ਸੂਬਿਆਂ ਦੇ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਪੁਲਿਸ ਅਤੇ ਹੋਮ ਗਾਰਡ ਦੀਆਂ ਟੁਕੜੀਆਂ ਵੱਲੋਂ ਸ਼ਾਨਦਾਰ ਪਰੇਡਾਂ ਕੱਢੀਆਂ ਗਈਆਂ। ਇਸਦੇ ਚੱਲਦਿਆਂ ਪੰਜਾਬ ਅਤੇ ਹਰਿਆਣਾ ਦੇ ਮੰਤਰੀਆਂ ਨੇ ਜਿੱਥੇ-ਜਿੱਥੇ ਉਨ੍ਹਾਂ ਦੀ ਡਿਊਟੀ ਲਗਾਈ ਗਈ ਸੀ, ਉਥੇ-ਉਥੇ ਉਨ੍ਹਾਂ ਨੇ ਤਿਰੰਗਾ ਲਹਿਰਾਉਣ ਦੀ ਜ਼ਿੰਮੇਵਾਰੀ ਨਿਭਾਈ।
ਪੰਜਾਬ ਅਤੇ ਹਰਿਆਣਾ ਵਿੱਚ ਗਣਤੰਤਰ ਦਿਵਸ ਦਾ ਜਸ਼ਨ

