ਚੰਡੀਗੜ੍ਹ/ਬਿਊਰੋ ਨਿਊਜ਼:- ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਕੈਬਿਨਟ ਮੰਤਰੀ ਅਮਨ ਅਰੋੜਾ ਨੇ ਕਿਹਾ ਹੈ ਕਿ ਪੰਜਾਬ ਵਿੱਚ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਿਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਅਦਾਲਤ ਨੇ ਬਿਕਰਮ ਸਿੰਘ ਮਜੀਠੀਆ ਨੂੰ ਸੱਤ-ਦਿਨਾ ਪੁਲਿਸ ਰਿਮਾਂਡ ਉੱਤੇ ਭੇਜ ਦਿੱਤਾ ਹੈ ਅਤੇ ਇਸ ਤੋਂ ਸਾਫ਼ ਹੁੰਦਾ ਹੈ ਕਿ ਉਕਤ ਮਾਮਲੇ ਵਿੱਚ ਜਾਂਚ ਦੀ ਜ਼ਰੂਰਤ ਹੈ।
ਚੰਡੀਗੜ੍ਹ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ ਅਰੋੜਾ ਨੇ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਖਿਲਾਫ ਦਰਜ ਕੇਸ ਅਨੁਸਾਰ 540 ਕਰੋੜ ਰੁਪਏ ਦੀ ਰਕਮ ਅਨ ਅਕਾਊਂਟਡ ਪਾਈ ਗਈ ਹਨ, ਇਸ ਵਿੱਚੋਂ 161 ਕਰੋੜ ਰੁਪਏ ਦਾ ਤਾਂ ਕੋਈ ਹਿਸਾਬ ਵੀ ਨਹੀਂ ਹੈ। ਉਨ੍ਹਾਂ ਆਰੋਪ ਲਗਾਉਂਦਿਆਂ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਲਈ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਜ਼ਿੰਮੇਵਾਰ ਹਨ।
ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਾ ਤਸਕਰੀ ਦੇ ਸਭ ਤੋਂ ਵੱਡੇ ਮਾਮਲੇ ਦੀ ਜਾਂਚ ਕਰ ਰਹੇ ਈਡੀ ਦੇ ਸੀਨੀਅਰ ਅਧਿਕਾਰੀ ਨਿਰੰਜਨ ਸਿੰਘ ਦਾ ਤਬਾਦਲਾ ਭਾਜਪਾ ਸਰਕਾਰ ਵੱਲੋਂ ਹੀ ਕੀਤਾ ਗਿਆ ਸੀ।

