ਚੰਡੀਗੜ੍ਹ/ਬਿਊਰੋ ਨਿਊਜ਼:- ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਬੁੱਧਵਾਰ ਨੂੰ ਪੰਜਾਬ ਅਤੇ ਹਰਿਆਣਾ ਵਿਚ 11 ਥਾਵਾਂ ’ਤੇ ਛਾਪੇਮਾਰੀ ਕੀਤੀ ਹੈ। ਮੀਡੀਆ ਤੋਂ ਮਿਲੀ ਜਾਣਕਾਰੀ ਮੁਤਾਬਕ ਇਹ ਛਾਪੇਮਾਰੀ ਮਨੁੱਖੀ ਤਸਕਰੀ ਰੈਕੇਟ ਦੇ ਸਬੰਧ ਵਿਚ ਕੀਤੀ ਗਈ ਹੈ, ਜੋ ਅਮਰੀਕਾ ਤੋਂ ਕਈ ਗੈਰ-ਕਾਨੂੰਨੀ ਪਰਵਾਸੀਆਂ ਦੀ ਵਾਪਸੀ ਤੋਂ ਬਾਅਦ ਸਾਹਮਣੇ ਆਈ ਸੀ।
ਈਡੀ ਦੇ ਜਲੰਧਰ ਜ਼ੋਨਲ ਦਫਤਰ ਵਲੋਂ ਕੀਤੀ ਗਈ ਇਹ ਛਾਪੇਮਾਰੀ ਪ੍ਰੀਵੈਨਸ਼ਨ ਆਫ ਮਨੀ ਲਾਂਡਰਿੰਗ ਐਕਟ ਦੇ ਤਹਿਤ ਚੱਲ ਰਹੀ ਜਾਂਚ ਦੌਰਾਨ ਇਕੱਠੀ ਕੀਤੀ ਗਈ ਜਾਣਕਾਰੀ ਦੇ ਅਧਾਰ ’ਤੇ ਹੋਈ ਹੈ। ਈਡੀ ਵਲੋਂ ਜਿਨ੍ਹਾਂ ਥਾਵਾਂ ’ਤੇ ਛਾਪੇਮਾਰੀ ਕੀਤੀ ਗਈ ਹੈ, ਉਨ੍ਹਾਂ ਵਿਚ ਅੰਮ੍ਰਿਤਸਰ, ਸੰਗਰੂਰ, ਪਟਿਆਲਾ, ਮੋਗਾ, ਅੰਬਾਲਾ, ਕੁਰੂਕਸ਼ੇਤਰ ਅਤੇ ਕਰਨਾਲ ਸ਼ਾਮਲ ਹਨ।
ਇਹ ਛਾਪੇਮਾਰੀ ਪੰਜਾਬ ਅਤੇ ਹਰਿਆਣਾ ਦੀਆਂ ਪੁਲਿਸ ਅਥਾਰਿਟੀਆਂ ਵਲੋਂ ਟਰੈਵਲ ਏਜੰਟਾਂ ਵਿਰੁੱਧ ਦਰਜ ਕੀਤੀਆਂ ਗਈਆਂ ਐਫ.ਆਰ.ਆਈਜ਼ ਦੇ ਅਧਾਰ ’ਤੇ ਹੋਈ ਹੈ। ਇਨ੍ਹਾਂ ਏਜੰਟਾਂ ’ਤੇ ਅਮਰੀਕਾ ਵਿਚ ਪਰਵਾਸ ਕਰਨ ਦੇ ਚਾਹਵਾਨ ਵਿਅਕਤੀਆਂ ਨੂੰ ਧੋਖਾ ਦੇਣ ਦਾ ਆਰੋਪ ਹੈ।

