ਚੰਡੀਗੜ੍ਹ / ਦੂਜਾ ਪੰਜਾਬ ਨਿਊਜ਼
ਕੇਂਦਰ ’ਚ ਭਾਜਪਾ ਦੀ ਅਗਵਾਈ ਵਾਲੀ ਨਰਿੰਦਰ ਮੋਦੀ ਸਰਕਾਰ ਵਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਭੰਗ ਕਰਨ ਦਾ ਮਾਮਲਾ ਗਰਮਾਉਂਦਾ ਜਾ ਰਿਹਾ ਹੈ।
ਇਸਦੇ ਚੱਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਦੇ ਇਸ ਫੈਸਲੇ ਦੀ ਪੁਰਜ਼ੋਰ ਸ਼ਬਦਾਂ ਨਾਲ ਨਿੰਦਾ ਕੀਤੀ ਹੈ ਅਤੇ ਕਿਹਾ ਕਿ ਭਾਜਪਾ ਦਾ ਪੰਜਾਬ ਵਿਰੋਧੀ ਚਿਹਰਾ ਮੁੜ ਤੋਂ ਸਾਹਮਣੇ ਆ ਗਿਆ ਹੈ। ਸੀਐਮ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਭੰਗ ਕਰਕੇ ਪੰਜਾਬ ਦੇ ਅਧਿਕਾਰਾਂ ਨੂੰ ਖੋਰਾ ਲਾਉਣ ਦੀ ਕੋਸ਼ਿਸ਼ ਕੀਤੀ ਹੈ ਅਤੇ ਇਹ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਪੰਜਾਬ ਯੂਨੀਵਰਸਿਟੀ ਸਬੰਧੀ ਜਾਰੀ ਕੀਤਾ ਗਿਆ ਨੋਟੀਫਿਕੇਸ਼ਨ ਗੈਰ-ਸੰਵਿਧਾਨਕ ਹੈ, ਜਿਸ ਵਿਰੁੱਧ ਪੰਜਾਬ ਸਰਕਾਰ ਵਲੋਂ ਹਾਈਕੋਰਟ ਤੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਜਾਵੇਗੀ।
ਸੀਐਮ ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਦੀ ਲੋਕ ਸਭਾ ਅਤੇ ਕਿਸੇ ਵੀ ਸੂਬੇ ਦੀ ਵਿਧਾਨ ਸਭਾ ਵਲੋਂ ਬਣਾਏ ਗਏ ਐਕਟ ਨੂੰ ਇਕ ਨੋਟੀਫਿਕੇਸ਼ਨ ਰਾਹੀਂ ਰੱਦ ਨਹੀਂ ਕੀਤਾ ਜਾ ਸਕਦਾ, ਪਰ ਕੇਂਦਰ ਸਰਕਾਰ ਪੰਜਾਬ ਯੂਨੀਵਰਸਿਟੀ ਦੇ ਮਾਮਲੇ ਵਿਚ ਅਜਿਹੀ ਧੱਕੇਸ਼ਾਹੀ ਕਰ ਰਹੀ ਹੈ।
ਇਸ ਦੌਰਾਨ ਪੰਜਾਬ ਭਾਜਪਾ ਪੰਜਾਬ ਯੂਨੀਵਰਸਿਟੀ ਦੇ ਹਿੱਤਾਂ ਅਤੇ ਇਸ ‘ਤੇ ਪੰਜਾਬ ਦੇ ਅਧਿਕਾਰਾਂ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਕੇਂਦਰ ਸਰਕਾਰ ਵੱਲੋਂ ਪ੍ਰਸ਼ਾਸਨਿਕ ਸੁਧਾਰਾਂ ਦੇ ਉਦੇਸ਼ ਨਾਲ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਅਤੇ ਸਿੰਡੀਕੇਟ ਵਿੱਚ ਕੀਤੇ ਗਏ ਬਦਲਾਵਾਂ ਬਾਰੇ ਜਾਰੀ ਨੋਟੀਫਿਕੇਸ਼ਨ ਦੇ ਯੂਨੀਵਰਸਿਟੀ ਦੇ ਪ੍ਰਸ਼ਾਸਨ ਅਤੇ ਸਿੱਖਿਆ ‘ਤੇ ਪੈਣ ਵਾਲੇ ਸੰਭਾਵੀ ਪ੍ਰਭਾਵ ਦਾ ਗੰਭੀਰਤਾ ਨਾਲ ਮੁਲਾਂਕਣ ਕੀਤਾ ਜਾ ਰਿਹਾ ਹੈ।
ਪ੍ਰੋਫੈਸਰਾਂ, ਵਿਦਿਆਰਥੀਆਂ ਅਤੇ ਸਿੱਖਿਆ ਸ਼ਾਸਤਰੀ ਸਮੇਤ ਸਾਰੇ ਹਿੱਤਧਾਰਕਾਂ ਨਾਲ ਵਿਚਾਰ-ਵਟਾਂਦਰਾ ਕਰਕੇ ਪੰਜਾਬ-ਹਿਤੈਸ਼ੀ ਹੱਲ ਤਲਾਸ਼ਿਆ ਜਾਵੇਗਾ।
ਪੰਜਾਬ ਸਰਕਾਰ ਨੂੰ ਅਪੀਲ ਹੈ ਕਿ ਇਸ ਮੁੱਦੇ ‘ਤੇ ਗੁਮਰਾਹਕੁੰਨ ਪ੍ਰਚਾਰ ਕਰਨ ਦੀ ਬਜਾਏ, ਪੰਜਾਬ ਦੀਆਂ ਹੋਰ ਯੂਨੀਵਰਸਿਟੀਆਂ ਵਿੱਚ ਵੀ ਪੰਜਾਬ ਯੂਨੀਵਰਸਿਟੀ ਦੀ ਤਰ੍ਹਾਂ ਲੋਕਤਾਂਤਰਿਕ ਸੈਨੇਟ ਅਤੇ ਸਿੰਡੀਕੇਟ ਬਣਾਉਣ ਲਈ ਤੁਰੰਤ ਕਦਮ ਚੁੱਕੇ।

