ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਯੂਨੀਵਰਸਿਟੀ ਦੇ ਸੈਨੇਟ-ਸਿੰਡੀਕੇਟ ਮਾਮਲੇ ਨੂੰ ਲੈ ਕੇ ਅੱਜ ਆਮ ਆਦਮੀ ਪਾਰਟੀ ਦੇ ਆਗੂੁਆਂ ਨੇ ਚੰਡੀਗੜ੍ਹ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ ਹੈ।
ਇਸ ਦੌਰਾਨ ‘ਆਪ’ ਆਗੂਆਂ ਨੇ ਦੱਸਿਆ ਕਿ ਸੈਨੇਟ-ਸਿੰਡੀਕੇਟ ਨੂੰ ਭੰਗ ਕਰਨ ਦਾ ਸੰਵਿਧਾਨਕ ਹੱਕ ਕੇਂਦਰ ਸਰਕਾਰ ਦੇ ਕੋਲ ਨਹੀਂ ਹੈ।
ਇਨ੍ਹਾਂ ਆਗੂਆਂ ਨੇ ਕਿਹਾ ਕਿ ਸੈਨੇਟ ਅਤੇ ਸਿੰਡੀਕੇਟ ਪੰਜਾਬ ਵਿਧਾਨ ਸਭਾ ਵਿਚ ਪਾਸ ਹੋਏ ਐਕਟ ਤੋਂ ਬਾਅਦ ਬਣਾਈ ਗਈ ਸੀ, ਇਸ ਲਈ ਕੇਂਦਰ ਸਰਕਾਰ ਦਾ ਕੋਈ ਵੀ ਵਿਭਾਗ ਇਸ ਨੂੰ ਰੱਦ ਨਹੀਂ ਕਰ ਸਕਦਾ ਅਤੇ ਨਾ ਹੀ ਇਸ ਵਿਚ ਕੋਈ ਬਦਲਾਅ ਕਰ ਸਕਦਾ ਹੈ। ‘ਆਪ’ ਆਗੂਆਂ ਨੇ ਮੰਗ ਕੀਤੀ ਕਿ ਸੈਨੇਟ ਦੀਆਂ ਲੰਬਿਤ ਪਈਆਂ ਚੋਣਾਂ ਲਈ ਵੀ ਤਰੀਕ ਦਾ ਐਲਾਨ ਹੋਣਾ ਚਾਹੀਦਾ ਹੈ।
ਰਾਜਪਾਲ ਨਾਲ ਮੁਲਾਕਾਤ ਕਰਨ ਵਾਲਿਆਂ ਵਿਚ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਮਾਲਵਿੰਦਰ ਸਿੰਘ ਕੰਗ ਅਤੇ ਗੁਰਮੀਤ ਸਿੰਘ ਮੀਤ ਹੇਅਰ ਸਣੇ ਆਮ ਆਦਮੀ ਪਾਰਟੀ ਦੇ ਕਈ ਆਗੂ ਹਾਜ਼ਰ ਸਨ।
ਦੱਸਣਯੋਗ ਹੈ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਭੰਗ ਕਰਨ ਦਾ ਫੈਸਲਾ ਕੇਂਦਰ ਸਰਕਾਰ ਨੇ ਵਾਪਸ ਵੀ ਲੈ ਲਿਆ ਹੈ ਅਤੇ ਇਸ ਸਬੰਧੀ ਜਾਰੀ ਕੀਤਾ ਨੋਟੀਫਿਕੇਸ਼ਨ ਵੀ ਰੱਦ ਕਰ ਦਿੱਤਾ ਗਿਆ ਹੈ। ਕੇਂਦਰ ਸਰਕਾਰ ਦੇ ਇਸ ਫੈਸਲੇ ਦਾ ਪਿਛਲੇ ਦਿਨਾਂ ਤੋਂ ਡਟਵਾਂ ਵਿਰੋਧ ਹੋ ਰਿਹਾ ਸੀ।

