ਚੰਡੀਗੜ੍ਹ/ਬਿਊਰੋ ਨਿਊਜ਼- ਪੰਜਾਬ ਵਿਚ ਪਏ ਮੀਂਹ ਅਤੇ ਪਹਾੜੀ ਇਲਾਕਿਆਂ ਵਿਚੋਂ ਸਤਲੁਜ, ਬਿਆਸ ਅਤੇ ਰਾਵੀ ਦਰਿਆਵਾਂ ਵਿਚ ਆਏ ਬੇਹਿਸਾਬੇ ਪਾਣੀ ਨੇ ਸੂਬੇ ਦੇ ਕਈ ਜ਼ਿਲ੍ਹਿਆਂ ਵਿਚ ਤਬਾਹੀ ਮਚਾ ਦਿੱਤੀ ਹੈ। ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਅੰਮਿ੍ਰਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ ਅਤੇ ਕਪੂਰਥਲਾ ਜ਼ਿਲ੍ਹੇ ਜ਼ਿਆਦਾ ਪ੍ਰਭਾਵਿਤ ਹੋਏ ਹਨ।
ਇਸੇ ਦੌਰਾਨ ਸੁਲਤਾਨਪੁਰ ਲੋਧੀ ਅਤੇ ਅਜਨਾਲਾ ਦੇ ਹੜ੍ਹ ਪੀੜਤ ਇਲਾਕਿਆਂ ਵਿਚ ਸਥਿਤੀ ਨਾਲ ਨਜਿੱਠਣ ਲਈ ਫੌਜ ਨੂੰ ਸੱਦਿਆ ਗਿਆ ਹੈ ਅਤੇ ਫੌਜ ਨੇ ਮੋਰਚਾ ਵੀ ਸੰਭਾਲਿਆ ਹੋਇਆ ਹੈ। ਹੜ੍ਹਾਂ ਦੇ ਪਾਣੀ ਵਿਚ ਘਿਰੇ ਲੋਕਾਂ ਨੂੰ ਫੌਜ ਵਲੋਂ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਜਾ ਰਿਹਾ ਹੈ। ਹੜ੍ਹਾਂ ਦੇ ਪਾਣੀ ਨਾਲ ਕਿਸਾਨਾਂ ਦੀ ਹਜ਼ਾਰਾਂ ਏਕੜ ਫਸਲ ਤਬਾਹ ਹੋ ਚੁੱਕੀ ਹੈ।
ਇਸਦੇ ਚੱਲਦਿਆਂ ਸੂਬੇ ਦੇ ਵਿਧਾਇਕਾਂ ਅਤੇ ਮੰਤਰੀਆਂ ਵਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਜਾ ਰਿਹਾ ਹੈ ਅਤੇ ਸਥਿਤੀ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਇਸੇ ਦੌਰਾਨ ਗੁਰਦਾਸਪੁਰ ਦੇ ਖੇਤਰ ਵਿਚ ਸੂਬਾ ਸਰਕਾਰ ਦੇ ਹੈਲੀਕਾਪਟਰ ਰਾਹੀਂ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵਲੋਂ ਲੋਕਾਂ ਨੂੰ ਰਾਹਤ ਸਮੱਗਰੀ ਪਹੁੰਚਾਈ ਜਾ ਰਹੀ ਹੈ।

