ਚੰਡੀਗੜ੍ਹ/ਬਿਊਰੋ ਨਿਊਜ਼- ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿਚ ਪਿਛਲੇ 24 ਘੰਟਿਆਂ ਤੋਂ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ, ਜਿਸ ਨੇ ਪੰਜਾਬ ਵਿਚ ਹੜ੍ਹਾਂ ਦੇ ਹਾਲਾਤ ਨੂੰ ਹੋਰ ਗੰਭੀਰ ਬਣਾ ਦਿੱਤਾ ਹੈ। ਇਸਦੇ ਨਾਲ ਹੀ ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿਚ ਅਗਲੇ 24 ਘੰਟੇ ਹੋਰ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ।
ਪੰਜਾਬ ਦੇ ਕਈ ਇਲਾਕੇ ਪਾਣੀ ਵਿਚ ਡੁੱਬ ਚੁੱਕੇ ਹਨ ਅਤੇ ਹੁਣ ਹੋਰ ਭਾਰੀ ਮੀਂਹ ਦੀ ਚਿਤਾਵਨੀ ਨੇ ਲੋਕਾਂ ’ਚ ਸਹਿਮ ਦਾ ਮਾਹੌਲ ਬਣਾ ਦਿੱਤਾ ਹੈ। ਮੌਸਮ ਵਿਭਾਗ ਨੇ ਹੁਸ਼ਿਆਰਪੁਰ, ਪਠਾਨਕੋਟ, ਨਵਾਂਸ਼ਹਿਰ, ਗੜ੍ਹਸ਼ੰਕਰ, ਰੋਪੜ ਅਤੇ ਪਟਿਆਲਾ ਸਣੇ ਆਲੇ ਦੁਆਲੇ ਦੇ ਇਲਾਕਿਆਂ ਵਿਚ ਭਾਰੀ ਮੀਂਹ ਲਈ ਰੈਡ ਅਲਰਟ ਵੀ ਜਾਰੀ ਕਰ ਦਿੱਤਾ ਹੈ।
ਇਸ ਤੋਂ ਇਲਾਵਾ ਮੌਸਮ ਵਿਭਾਗ ਨੇ ਕੁਝ ਜ਼ਿਲ੍ਹਿਆਂ ਵਿਚ ਮੱਧਮ ਮੀਂਹ ਪੈਣ ਲਈ ਔਰੈਂਜ ਅਲਰਟ ਵੀ ਜਾਰੀ ਕੀਤਾ ਹੈ। ਇਸਦੇ ਚੱਲਦਿਆਂ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਜ਼ਿਲ੍ਹਾ ਪਠਾਨਕੋਟ ਦੇ ਬਲਾਕ ਬਮਿਆਲ ਅਤੇ ਨਰੋਟ ਜੈਮਲ ਸਿੰਘ ਦਾ ਦੌਰਾ ਕੀਤਾ ਹੈ। ਧਿਆਨ ਰਹੇ ਕਿ ਰਾਵੀ ਦਰਿਆ ਨਾਲ ਲੱਗਦੇ ਜ਼ਿਲ੍ਹਾ ਪਠਾਨਕੋਟ ਦੇ ਬਹੁਤ ਸਾਰੇ ਪਿੰਡ ਹੜ੍ਹ ਦੀ ਮਾਰ ਹੇਠ ਆਏ ਹਨ।
ਇਹ ਵੀ ਜਾਣਕਾਰੀ ਮਿਲੀ ਹੈ ਕਿ ਪੰਜਾਬ ਵਿਚ ਹੁਣ ਤੱਕ ਹੜ੍ਹਾਂ ਕਾਰਨ 26 ਵਿਅਕਤੀਆਂ ਦੀ ਜਾਨ ਜਾ ਚੁੱਕੀ ਹੈ।

