ਮੋਹਾਲੀ/ਬਿਊਰੋ ਨਿਊਜ਼:- ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਨਹੀਂ ਮਿਲੀ ਹੈ। ਮਜੀਠੀਆ ਦੇ ਵਕੀਲਾਂ ਨੇ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਵਿਚ ਸੋਧ ਕਰਨ ਲਈ ਤਿੰਨ ਹਫਤਿਆਂ ਦਾ ਸਮਾਂ ਮੰਗਿਆ ਸੀ, ਜਿਸ ਨੂੰ ਹਾਈਕੋਰਟ ਨੇ ਸਵੀਕਾਰ ਕਰ ਲਿਆ ਹੈ।
ਹੁਣ ਅਗਲੀ ਸੁਣਵਾਈ 29 ਜੁਲਾਈ ਨੂੰ ਮੁੜ ਹੋਵੇਗੀ। ਮਜੀਠੀਆ ਇਸ ਸਮੇਂ ਨਾਭਾ ਜੇਲ੍ਹ ਵਿਚ ਬੰਦ ਹਨ। ਮਜੀਠੀਆ ਦਾ ਪੁਲਿਸ ਰਿਮਾਂਡ 6 ਜੁਲਾਈ ਨੂੰ ਖਤਮ ਹੋ ਗਿਆ ਸੀ, ਜਿਸ ਤੋਂ ਬਾਅਦ ਮੋਹਾਲੀ ਅਦਾਲਤ ਨੇ ਉਨ੍ਹਾਂ ਨੂੰ 19 ਜੁਲਾਈ ਤੱਕ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਸੀ।
ਜੇਲ੍ਹ ਪ੍ਰਸ਼ਾਸਨ ਨੇ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਦੀਆਂ ਬੈਰਕਾਂ ਵਿਚ ਸੀ.ਸੀ.ਟੀ.ਵੀ. ਕੈਮਰੇ ਲਗਾ ਦਿੱਤੇ ਹਨ ਅਤੇ ਸਪੱਸ਼ਟ ਕਰ ਦਿੱਤਾ ਹੈ ਕਿ ਉਨ੍ਹਾਂ ਨੂੰ ਕੋਈ ਵਿਸ਼ੇਸ਼ ਸਹੂਲਤਾਂ ਨਹੀਂ ਦਿੱਤੀਆਂ ਜਾਣਗੀਆਂ। ਸਰਕਾਰੀ ਵਕੀਲ ਅਨੁਸਾਰ ਮਾਮਲੇ ਦੀ ਅਗਲੀ ਸੁਣਵਾਈ ਹੁਣ 29 ਜੁਲਾਈ ਨੂੰ ਹੋਵੇਗੀ।

