ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੇਸ਼ ਹੋ ਕੇ ਆਪਣੀਆਂ ਭੁੱਲਾਂ ਬਖਸ਼ਾਈਆਂ। ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗਡਗੱਜ ਨੇ ਪੰਜ ਸਿੰਘ ਸਾਹਿਬਾਨ ਵੱਲੋਂ ਲਿਆ ਫੈਸਲਾ ਸੁਣਾਉਂਦਿਆਂ ਉਹਨਾਂ ਦੀ ਖਿਮਾ ਪ੍ਰਵਾਨ ਕਰਦਿਆਂ ਉਹਨਾਂ ਨੂੰ ਅਗਾਂਹ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪ੍ਰਵਾਨਤ ਸਿੱਖ ਮਰਿਆਦਾ, ਪੰਥਕ ਰਵਾਇਤਾਂ ਅਨੁਸਾਰ ਸਿੱਖੀ ਦਾ ਪ੍ਰਚਾਰ ਕਰਨ ਦਾ ਹੁਕਮ ਦਿੱਤਾ।
ਉਹਨਾਂ ਨੂੰ ਤਾਕੀਦ ਕੀਤੀ ਗਈ ਕਿ ਗੁਰੂ ਸਾਹਿਬ ਦੇ ਸਰੋਵਰ ਦੇ ਖਿਲਾਫ ਨਾ ਬੋਲਿਆ ਜਾਵੇ। ਸਾਖੀਆਂ ਸੁਣਾਈਆਂ ਜਾਣ ਅਤੇ ਖਾਲਸਾ ਪੰਥ ਨੂੰ ਇਕਜੁੱਟ ਕਰਨ ਦੇ ਉਪਰਾਲੇ ਕੀਤੇ ਜਾਣ ਅਤੇ ਕਿਸੇ ਵੀ ਜਥੇਬੰਦੀ ਦੇ ਖਿਲਾਫ ਕੋਈ ਟਿੱਪਣੀ ਨਾ ਕੀਤੀ ਜਾਵੇ। ਸ੍ਰੀ ਅਕਾਲ ਤਖ਼ਤ ਸਾਹਿਬ ਨੇ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਦੇ ਪ੍ਰਚਾਰ ’ਤੇ ਲਗਾਈ ਰੋਕ ਹਟਾ ਦਿੱਤੀ ਗਈ।
ਇਹ ਵੀ ਕਿਹਾ ਗਿਆ ਕਿ ਜੇਕਰ ਪ੍ਰਚਾਰ ਕਰਨ ਵਿਚ ਕੋਈ ਮੁਸ਼ਕਿਲ ਆਉਂਦੀ ਹੈ ਤਾਂ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਉਹ ਲਿਆ ਸਕਦੇ ਹਨ। ਭਾਈ ਢੱਡਰੀਆਂ ਵਾਲਿਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ 501 ਰੁਪਏ ਦੀ ਦੇਗ ਕਰਵਾਉਣ ਦੇ ਹੁਕਮ ਦਿੱਤੇ ਗਏ।