ਅੰਮ੍ਰਿਤਸਰ/ਬਿਊਰੋ ਨਿਊਜ਼
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ ਹੋਏ 328 ਪਾਵਨ ਸਰੂਪਾਂ ਦੇ ਮਾਮਲੇ ਵਿਚ ਪੁਲਿਸ ਕੇਸ ਦਰਜ ਕੀਤੇ ਜਾਣ ਤੋਂ ਬਾਅਦ ਪੰਜਾਬ ਸਰਕਾਰ ਨੇ ਇਸਦੀ ਨਿਰਪੱਖ ਜਾਂਚ ਲਈ 6 ਮੈਂਬਰੀ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕਰ ਦਿੱਤਾ ਹੈ।
ਇਹ ਜਾਂਚ ਟੀਮ ਬਿਊਰੋ ਆਫ ਇਨਵੈਸਟੀਗੇਸ਼ਨ ਦੇ ਡਾਇਰੈਕਟਰ ਵਲੋਂ ਗਠਿਤ ਕੀਤੀ ਗਈ ਹੈ। ਜਿਸ ਵਿਚ ਵਿਜੀਲੈਂਸ ਵਿਭਾਗ ਦੇ ਏ.ਆਈ.ਜੀ. ਜਗਤਪ੍ਰੀਤ ਸਿੰਘ ਨੂੰ ਜਾਂਚ ਟੀਮ ਦਾ ਚੇਅਰਮੈਨ ਬਣਾਇਆ ਗਿਆ ਹੈ।
ਇਹ ਵਿਸ਼ੇਸ਼ ਜਾਂਚ ਟੀਮ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਦੇ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੀ ਨਿਗਰਾਨੀ ਹੇਠ ਕੰਮ ਕਰੇਗੀ।
ਉਧਰ ਦੂਜੇ ਪਾਸੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਜਾਂਚ ਟੀਮ ਨੂੰ ਲੈ ਕੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ।
ਧਾਮੀ ਨੇ ਪੰਜਾਬ ਸਰਕਾਰ ਵਲੋਂ ਬਣਾਈ ਗਈ ਇਸ ਜਾਂਚ ਟੀਮ ਨੂੰ ਸਿਆਸੀ ਹਰਕਤ ਦੱਸਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਧਾਰਮਿਕ ਮਾਮਲਿਆਂ ਨੂੰ ਸਿਆਸੀ ਲਾਹੇ ਲਈ ਉਛਾਲਣ ਨੂੰ ਬਰਦਾਸ਼ਤ ਨਹੀਂ ਕਰਾਂਗੇ।
ਧਾਮੀ ਹੋਰਾਂ ਨੇ ਸਪੱਸ਼ਟ ਕੀਤਾ ਕਿ ਪਹਿਲਾਂ ਹੀ ਜਾਂਚ ਕਮੇਟੀ ਦੀ ਰਿਪੋਰਟ ਵਿਚ ਇਹ ਗੱਲ ਸਪੱਸ਼ਟ ਹੋ ਚੁੱਕੀ ਹੈ ਕਿ ਇਹ ਮਾਮਲਾ ਕੁਝ ਕਰਮਚਾਰੀਆਂ ਵਲੋਂ ਕੀਤੀ ਗਈ ਪੈਸਿਆਂ ਦੀ ਹੇਰਾਫੇਰੀ ਨਾਲ ਜੁੜਿਆ ਹੋਇਆ ਹੈ।

