ਚੰਡੀਗੜ੍ਹ/ਬਿਊਰੋ ਨਿਊਜ਼- ਪੰਜਾਬ ਕਾਂਗਰਸ ਵਿਧਾਇਕ ਦਲ ਦੇ ਸਾਰੇ ਮੈਂਬਰਾਂ ਵਲੋਂ ਇਕ ਮਹੀਨੇ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ’ਚ ਦਾਨ ਕਰਨ ਦਾ ਫੈਸਲਾ ਕੀਤਾ ਗਿਆ ਹੈ। ਸੂਬੇ ਵਿਚ ਆਏ ਹੜ੍ਹਾਂ ਕਾਰਨ ਹੋਈ ਤਬਾਹੀ ਦੇ ਮੱਦੇਨਜ਼ਰ ਸਰਬਸੰਮਤੀ ਨਾਲ ਇਹ ਤਨਖਾਹ ਵਿਧਾਇਕ ਦਲ ਦੇ ਮੈਂਬਰਾਂ ਨੇ ਦਾਨ ਕੀਤੀ ਹੈ।
ਇਸੇ ਦੌਰਾਨ ਕਾਂਗਰਸ ਪਾਰਟੀ ਨੇ ਪੰਜਾਬ ਵਿਚ ਆਏ ਹੜ੍ਹਾਂ ਲਈ ਆਮ ਆਦਮੀ ਪਾਰਟੀ ਅਤੇ ਭਾਜਪਾ ਸਿਰ ਠੀਕਰਾ ਭੰਨਿਆ ਹੈ। ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਵਿਚ ਹੜ੍ਹਾਂ ਕਾਰਨ ਹੋਏ ਨੁਕਸਾਨ ਲਈ ਆਮ ਆਦਮੀ ਪਾਰਟੀ ਅਤੇ ਭਾਜਪਾ ਜ਼ਿੰਮੇਵਾਰ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦੀ ਇਸ ਤੋਂ ਵੱਡੀ ਨਲਾਇਕੀ ਕੀ ਹੋ ਸਕਦੀ ਹੈ, ਕਿ ਉਹ ਅਜੇ ਤੱਕ ਕੇਂਦਰ ਸਰਕਾਰ ਤੋਂ ਮੱਦਦ ਮੰਗਣ ਲਈ ਅੱਗੇ ਨਹੀਂ ਆਏ। ਉਨ੍ਹਾਂ ਆਰੋਪ ਲਗਾਉਂਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਭਾਜਪਾ ਦੇ ਇਸ਼ਾਰਿਆਂ ’ਤੇ ਕੰਮ ਕਰ ਰਹੀ ਹੈ।

