ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਨਿਆਂਇਕ ਹਿਰਾਸਤ ਵਿੱਚ 14 ਦਿਨ ਦਾ ਹੋਰ ਵਾਧਾ ਹੋ ਗਿਆ ਹੈ। ਉਹ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਪਿਛਲੇ ਕਈ ਮਹੀਨਿਆ ਤੋਂ ਨਾਭਾ ਜੇਲ੍ਹ ਵਿੱਚ ਬੰਦ ਹਨ।
ਮੁਹਾਲੀ ਦੀ ਵਿਸ਼ੇਸ਼ ਅਦਾਲਤ ਵਿੱਚ ਹੋਈ ਸੁਣਵਾਈ ਦੌਰਾਨ ਬਿਕਰਮ ਸਿੰਘ ਮਜੀਠੀਆ ਔਨਲਾਇਨ ਹਾਜ਼ਰ ਸਨ। ਉਨ੍ਹਾਂ ਦਾ ਅੱਜ ਨਿਆਂਇਕ ਰਿਮਾਂਡ ਖਤਮ ਹੋਇਆ ਸੀ। ਜਿਸ ਕਾਰਨ ਅਦਾਲਤ ਨੇ ਇਸ ਵਿੱਚ ਹੋਰ ਵਾਧਾ ਕਰ ਦਿੱਤਾ।
ਬਿਕਰਮ ਸਿੰਘ ਮਜੀਠੀਆ ਦੀ ਜਮਾਨਤ ਦੀ ਅਰਜੀ ਪਹਿਲਾਂ ਹੀ ਅਦਾਲਤ ਵਲੋਂ ਰੱਦ ਕੀਤੀ ਜਾ ਚੁੱਕੀ ਹੈ। ਬਿਕਰਮ ਮਜੀਠੀਆ ਨੇ ਇਲਜਾਮ ਲਾਇਆ ਸੀ ਕਿ ਉਹ ਮੰਤਰੀ ਰਹੇ ਹਨ, ਇਸ ਲਈ ਉਨ੍ਹਾਂ ਨੂੰ ਗੰਭੀਰ ਕਿਸਮ ਦੇ ਅਪਰਾਧੀਆਂ ਨਾਲ ਰੱਖਿਆ ਜਾ ਰਿਹਾ ਹੈ, ਜੋ ਉਨ੍ਹਾਂ ਦੇ ਅਧਿਕਾਰਾਂ ਦੀ ਉਲੰਘਣਾ ਹੈ। ਇਸ ਲਈ ਉਨ੍ਹਾਂ ਆਪਣੀ ਬੈਰਕ ਬਦਲਣ ਲਈ ਵੀ ਅਦਾਲਤ ਵਿੱਚ ਅਰਜੀ ਦਿੱਤੀ ਸੀ।
ਇਸ ਅਰਜੀ ਨੂੰ ਵੀ ਅਦਾਲਤ ਨੇ ਰੱਦ ਕਰ ਦਿੱਤਾ ਸੀ। ਆਮਦਨ ਨਾਲੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਹੇਠ ਨਜ਼ਰਬੰਦ ਮਜੀਠੀਆ ਦੇ ਕੇਸ ਦੀ ਅਗਲੀ ਸੁਣਵਾਈ 4 ਅਕਤੂਬਰ ਨੂੰ ਹੋਵੇਗੀ।

