ਚੰਡੀਗੜ੍ਹ/ਬਿਊਰੋ ਨਿਊਜ਼
ਤਰਨਤਾਰਨ ਵਿਧਾਨ ਸਭਾ ਹਲਕੇ ਵਿਚ ਲੰਘੀ 11 ਨਵੰਬਰ ਨੂੰ ਜ਼ਿਮਨੀ ਚੋਣ ਲਈ ਵੋਟਾਂ ਪਈਆਂ ਸਨ ਅਤੇ ਅੱਜ ਇਸ ਜ਼ਿਮਨੀ ਚੋਣ ਦੇ ਨਤੀਜੇ ਵੀ ਐਲਾਨ ਦਿੱਤੇ ਗਏ ਹਨ।
ਤਰਨਤਾਰਨ ਜ਼ਿਮਨੀ ਚੋਣ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਨੇ ਜਿੱਤ ਲਈ ਹੈ। ਇਸੇ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਦੀ ਉਮੀਦਵਾਰ ਸੁਖਵਿੰਦਰ ਕੌਰ ਦੂਜੇ ਸਥਾਨ ’ਤੇ ਰਹੇ ਹਨ।
ਵਾਰਿਸ ਪੰਜਾਬ ਦੇ ਵਲੋਂ ਮਨਦੀਪ ਸਿੰਘ ਨੂੰ ਤਰਨਤਾਰਨ ਦੀ ਜ਼ਿਮਨੀ ਚੋਣ ਲੜਾਈ ਗਈ ਅਤੇ ਉਹ ਤੀਜੇ ਨੰਬਰ ’ਤੇ ਰਹੇ। ਇਸੇ ਦੌਰਾਨ ਕਾਂਗਰਸ ਪਾਰਟੀ ਦੇ ਉਮੀਦਵਾਰ ਕਰਨਬੀਰ ਸਿੰਘ ਬੁਰਜ ਚੌਥੇ ਅਤੇ ਭਾਜਪਾ ਦੇ ਉਮੀਦਵਾਰ ਹਰਜੀਤ ਸਿੰਘ ਸੰਧੂ ਪੰਜਵੇਂ ਸਥਾਨ ’ਤੇ ਰਹੇ ਹਨ।
ਸਿਆਸੀ ਮਾਹਿਰਾਂ ਵਲੋਂ ਤਰਨਤਾਰਨ ਦੀ ਜ਼ਿਮਨੀ ਚੋਣ ਨੂੰ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਇਹ ਵੀ ਦੱਸਣਯੋਗ ਹੈ ਕਿ ਇਸ ਜ਼ਿਮਨੀ ਚੋਣ ਲਈ ਕੁੱਲ 15 ਉਮੀਦਵਾਰ ਚੋਣ ਮੈਦਾਨ ਵਿਚ ਸਨ।
ਤਰਨਤਾਰਨ ਵਿਚ ਆਮ ਆਦਮੀ ਪਾਰਟੀ ਦੀ ਜਿੱਤ ’ਤੇ ਅਰਵਿੰਦ ਕੇਜਰੀਵਾਲ ਨੇ ਵਧਾਈ ਦਿੱਤੀ ਹੈ ਅਤੇ ਕਿਹਾ ਕਿ ਪੰਜਾਬ ਦੇ ਲੋਕ ਕੰਮ ਦੀ ਰਾਜਨੀਤੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਇਮਾਨਦਾਰ ਅਗਵਾਈ ਨੂੰ ਤਰਜੀਹ ਦਿੰਦੇ ਹਨ। ਇਸੇ ਦੌਰਾਨ ਸੀਐਮ ਭਗਵੰਤ ਮਾਨ ਨੇ ਵੀ ਤਰਨਤਾਰਨ ਦੇ ਲੋਕਾਂ ਦਾ ਧੰਨਵਾਦ ਕੀਤਾ ਹੈ।
ਅਕਾਲੀ ਦਲ ਨੇ ਪਛਾਣੀ ‘ਪੰਥਕ’ ਨਬਜ਼ ’
ਤਰਨਤਾਰਨ ਜ਼ਿਮਨੀ ਚੋਣ ਨੇ ਇਸ ਗੱਲ ਦਾ ਬਿਗਲ ਵਜਾ ਦਿੱਤਾ ਹੈ ਕਿ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੇ ਸ਼ੋ੍ਰਮਣੀ ਅਕਾਲੀ ਦਲ ਨੇ ਵਾਪਸੀ ਕੀਤੀ ਹੈ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਪੰਥਕ’ ਨਬਜ਼ ’ਤੇ ਆਪਣੀ ਪਕੜ ਬਣਾ ਲਈ ਹੈ।
ਤਰਨਤਾਰਨ ਜ਼ਿਮਨੀ ਚੋਣ ਵਿਚ ਸ਼ੋ੍ਰਮਣੀ ਅਕਾਲੀ ਦਲ ਦੂਜੇ ਸਥਾਨ ’ਤੇ ਰਿਹਾ ਹੈ। ਸ਼ੋ੍ਰਮਣੀ ਅਕਾਲੀ ਦਲ ਦੀ ਉਮੀਦਵਾਰ ਸੁਖਵਿੰਦਰ ਕੌਰ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਨੂੰ ਸਖਤ ਟੱਕਰ ਦਿੱਤੀ ਹੈ।
ਸ਼ੋ੍ਰਮਣੀ ਅਕਾਲੀ ਦਲ ਦੇ ਆਗੂਆਂ ਨੇ ਤਰਨਤਾਰਨ ਵਿਚ ਪਾਰਟੀ ਦੀ ਵਧੀ ਵੋਟ ’ਤੇ ਤਸੱਲੀ ਪ੍ਰਗਟ ਕੀਤੀ ਹੈ। ਅਕਾਲੀ ਆਗੂਆਂ ਦਾ ਇਹ ਵੀ ਕਹਿਣਾ ਹੈ ਕਿ 2027 ਵਿਚ ਪੰਜਾਬ ’ਚ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ।
ਬਿਹਾਰ ਐੱਨਡੀਏ ਨੇ ਹੂੰਝਾ ਫੇਰਿਆ
ਬਿਹਾਰ ਵਿਧਾਨ ਸਭਾ ਲਈ ਪਈਆਂ ਵੋਟਾਂ ਦੇ ਨਤੀਜੇ ਵੀ ਆ ਗਏ ਹਨ। ਬਿਹਾਰ ਦੀਆਂ ਕੁੱਲ 243 ਵਿਧਾਨ ਸਭਾ ਸੀਟਾਂ ਵਿਚੋਂ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੇ ਐਨਡੀਏ ਨੇ ਡਬਲ ਸੈਂਚੁਰੀ ਤੋਂ ਵੀ ਜ਼ਿਆਦਾ ਸੀਟਾਂ ਜਿੱਤ ਲਈਆਂ ਹਨ।
ਇਸਦੇ ਚੱਲਦਿਆਂ ਕਾਂਗਰਸ ਦੀ ਅਗਵਾਈ ਵਾਲਾ ‘ਇੰਡੀਆ’ ਗਠਜੋੜ ਬਹੁਤ ਪਿੱਛੇ ਰਹਿ ਗਿਆ ਹੈ। ਐਨਡੀਏ ਨੂੰ 2020 ਦੇ ਮੁਕਾਬਲੇ ਇਸ ਵਾਰ 65 ਤੋਂ ਜ਼ਿਆਦਾ ਸੀਟਾਂ ਦਾ ਫਾਇਦਾ ਹੋਇਆ ਅਤੇ ‘ਇੰਡੀਆ’ ਗਠਜੋੜ ਨੂੰ ਕਰੀਬ ਏਨੀਆਂ ਹੀ ਸੀਟਾਂ ਦਾ ਨੁਕਸਾਨ ਹੋਇਆ ਹੈ।
ਐਨਡੀਏ ਗਠਜੋੜ ਵਿਚ ਸ਼ਾਮਲ ਜਨਤਾ ਦਲ (ਯੂ) ਦੇ ਨਿਤੀਸ਼ ਕੁਮਾਰ 10ਵੀਂ ਵਾਰ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕ ਸਕਦੇ ਹਨ। ਉਂਝ ਦੇਖਿਆ ਜਾਵੇ ਤਾਂ ਐਨਡੀਏ ਵਿਚ ਸ਼ਾਮਲ ਭਾਜਪਾ ਨੂੰ ਸਭ ਤੋਂ ਜ਼ਿਆਦਾ ਸੀਟਾਂ ਮਿਲੀਆਂ ਹਨ ਅਤੇ ਇੰਡੀਆ ਗਠਜੋੜ ਵਿਚ ਸ਼ਾਮਲ ਕਾਂਗਰਸ ਬਹੁਤ ਪਛੜ ਗਈ ਹੈ।

