ਪੰਜਾਬ ਵਿਧਾਨ ਸਭਾ ਵਿਚ ਅੱਜ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਵਿਰੁੱਧ ਪੇਸ਼ ਕੀਤਾ ਗਿਆ ‘ਨਿੰਦਾ ਮਤਾ’ ਭਾਰੀ ਹੰਗਾਮੇ ਅਤੇ ਬਹਿਸ ਤੋਂ ਬਾਅਦ ਪਾਸ ਕਰ ਦਿੱਤਾ ਗਿਆ। ਮਹਿਲਾਵਾਂ ਵਿਰੁੱਧ ਵਰਤੀ ਗਈ ਕਥਿਤ ਅਪਮਾਨਜਨਕ ਸ਼ਬਦਾਵਲੀ ਦੇ ਮੁੱਦੇ ’ਤੇ ਸੱਤਾ ਧਿਰ ਵਲੋਂ ਲਿਆਂਦੇ ਗਏ ਇਸ ਮਤੇ ’ਤੇ ਸਦਨ ਵਿਚ ਤਿੱਖੀ ਨੋਕ-ਝੋਕ ਵੀ ਹੋਈ। ਆਮ ਆਦਮੀ ਪਾਰਟੀ ਦੀ ਵਿਧਾਇਕਾ ਸਰਬਜੀਤ ਕੌਰ ਮਾਣੂੰਕ ਨੇ ਸਦਨ ਵਿਚ ਖਹਿਰਾ ਵਿਰੁੱਧ ਨਿੰਦਾ ਮਤਾ ਪੇਸ਼ ਕੀਤਾ, ਜਿਸਦੀ ਪ੍ਰੋੜਤਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤੀ ਸੀ। ਜ਼ਿਕਰਯੋਗ ਹੈ ਕਿ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਵਲੋਂ ਸ਼ੋਸ਼ਲ ਮੀਡੀਆ ’ਤੇ ਮਹਿਲਾਵਾਂ ਸਬੰਧੀ ਪਾਈ ਗਈ ਇਕ ਪੋਸਟ ਨੂੰ ਲੈ ਕੇ ਵਿਵਾਦ ਭਖਿਆ ਹੋਇਆ ਹੈ। ਖਹਿਰਾ ਦਾ ਕਹਿਣਾ ਹੈ ਕਿ 1,000 ਰੁਪਏ ਪਿੱਛੇ ਗਿੱਧਾ ਪਾਉਣ ਵਾਲੀਆਂ ਬੀਬੀਆਂ ਕਿਥੋਂ ਜੰਮ ਲੈਣਗੀਆਂ ਸੂੁਰਮੇ। ਦੱਸਣਯੋਗ ਹੈ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਬਜਟ ਦੌਰਾਨ ਸੂਬੇ ਦੀਆਂ ਦਲਿਤ ਮਹਿਲਾਵਾਂ ਨੂੰ 1500 ਰੁਪਏ ਅਤੇ ਜਨਰਲ ਵਰਗ ਦੀਆਂ ਮਹਿਲਾਵਾਂ ਨੂੰ 1,000 ਰੁਪਏ ਪ੍ਰਤੀ ਮਹੀਨਾ ਦੇਣ ਦਾ ਐਲਾਨ ਕੀਤਾ ਸੀ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਖਹਿਰਾ ਦੀ ਇਸ ਟਿੱਪਣੀ ਨੂੰ ਲੈ ਕੇ ਇਲਜ਼ਾਮ ਲਗਾਇਆ ਕਿ ਕਾਂਗਰਸੀ ਆਗੂ ਵਾਰ-ਵਾਰ ਦਲਿਤ ਭਾਈਚਾਰੇ ਦਾ ਅਪਮਾਨ ਕਰ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਕਾਂਗਰਸੀ ਵਿਧਾਇਕ ਖਹਿਰਾ ਆਪਣੀ ਸ਼ਰਮਨਾਕ ਟਿੱਪਣੀ ਲਈ ਤੁਰੰਤ ਮੁਆਫੀ ਮੰਗਣ।
ਸੁਖਪਾਲ ਖਹਿਰਾ ਖਿਲਾਫ ਵਿਧਾਨ ਸਭਾ ਵਿਚ ‘ਨਿੰਦਾ ਮਤਾ’ ਪਾਸ

