ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਨੂਰਪੁਰ ਜੱਟਾਂ ਵਿੱਚ ਲੰਘੀ ਦੇਰ ਰਾਤ ਅਣਪਛਾਤੇ ਵਿਅਕਤੀਆਂ ਵੱਲੋਂ ਡਾ. ਬੀ.ਆਰ. ਅੰਬੇਡਕਰ ਦੇ ਬੁੱਤ ਦੀ ਭੰਨਤੋੜ ਕੀਤੀ ਗਈ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ਵਿਚ ਤਣਾਅ ਦਾ ਮਾਹੌਲ ਬਣ ਗਿਆ। ਇਸ ਘਟਨਾ ਨੇ ਸਥਾਨਕ ਨਿਵਾਸੀਆਂ ਅਤੇ ਪ੍ਰਸ਼ਾਸਨ ਵਿੱਚ ਚਿੰਤਾ ਪੈਦਾ ਕਰ ਦਿੱਤੀ ਹੈ, ਜਿਸਦੇ ਮੱਦੇਨਜ਼ਰ ਇਲਾਕੇ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ। ਮਿਲੀ ਜਾਣਕਾਰੀ ਅਨੁਸਾਰ, ਬੁੱਤ ਨੂੰ ਭਾਰੀ ਚੀਜ਼ਾਂ ਨਾਲ ਨੁਕਸਾਨ ਪਹੁੰਚਾਇਆ ਗਿਆ ਹੈ, ਜਿਸ ਵਿੱਚ ਬੁੱਤ ਦਾ ਚਿਹਰਾ ਵਿਗਾੜ ਦਿੱਤਾ ਗਿਆ ਅਤੇ ਆਲੇ-ਦੁਆਲੇ ਲੱਗੇ ਸੁਰੱਖਿਆ ਸ਼ੀਸ਼ੇ ਤੋੜ ਦਿੱਤੇ ਗਏ ਅਤੇ ਬੁੱਤ ਦੇ ਦੁਆਲੇ ਲਗਾਈ ਗਈ ਲਾਈਟਿੰਗ ਨੂੰ ਵੀ ਤੋੜਿਆ ਗਿਆ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਜੂਨ 2025 ਵਿੱਚ ਵੀ ਇਸੇ ਬੁੱਤ ਨੂੰ ਨਿਸ਼ਾਨਾ ਬਣਾਇਆ ਗਿਆ ਸੀ। ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਗੜ੍ਹਸ਼ੰਕਰ ਦੇ ਵਿਧਾਇਕ ਜੈ ਕਿ੍ਰਸ਼ਨ ਰੌੜੀ ਨੇ ਪੁਲਿਸ ਅਧਿਕਾਰੀਆਂ ਸਮੇਤ ਮੌਕੇ ਦਾ ਦੌਰਾ ਕੀਤਾ ਅਤੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦਾ ਭਰੋਸਾ ਦਿੱਤਾ ਹੈ। ਇਸੇ ਦੌਰਾਨ ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਅਫਵਾਹਾਂ ਵੱਲ ਧਿਆਨ ਨਾ ਦੇਣ।
ਹੁਸ਼ਿਆਰਪੁਰ ਦੇ ਪਿੰਡ ਨੂਰਪੁਰ ਜੱਟਾਂ ’ਚ ਡਾ. ਅੰਬੇਡਕਰ ਦੇ ਬੁੱਤ ਨਾਲ ਭੰਨਤੋੜ

