ਅੰਮਿ੍ਰਤਸਰ ਦਿਹਾਤੀ ਪੁਲਿਸ ਨੇ ਅੱਜ ਵੀਰਵਾਰ ਨੂੰ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅਮ੍ਰਿਤਪਾਲ ਸਿੰਘ ਨੂੰ ਅਜਨਾਲਾ ਹਿੰਸਾ ਮਾਮਲੇ ਵਿੱਚ ਰਸਮੀ ਤੌਰ ’ਤੇ ਗ੍ਰਿਫ਼ਤਾਰ ਕਰ ਲਿਆ ਹੈ। ਇਹ ਕਾਰਵਾਈ ਅਮ੍ਰਿਤਪਾਲ ਸਿੰਘ ਵਿਰੁੱਧ ਲੱਗੇ ਕੌਮੀਂ ਸੁਰੱਖਿਆ ਐਕਟ (ਐਨਐਸਏ) ਦੀ ਮਿਆਦ ਖਤਮ ਹੋਣ ਤੋਂ ਤੁਰੰਤ ਬਾਅਦ ਅਮਲ ਵਿੱਚ ਲਿਆਂਦੀ ਗਈ। ਗ੍ਰਿਫ਼ਤਾਰੀ ਤੋਂ ਬਾਅਦ ਅਮ੍ਰਿਤਪਾਲ ਸਿੰਘ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਅਜਨਾਲਾ ਦੀ ਸਬ-ਡਿਵੀਜ਼ਨਲ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਅਮ੍ਰਿਤਪਾਲ ਸਿੰਘ ਦਾ ਦੋ ਦਿਨਾਂ ਦਾ ਪੁਲਿਸ ਰਿਮਾਂਡ ਮਨਜ਼ੂਰ ਕੀਤਾ। ਰਿਮਾਂਡ ਦੌਰਾਨ ਅਮ੍ਰਿਤਪਾਲ ਸਿੰਘ ਨੂੰ ਡਿਬਰੂਗੜ੍ਹ ਦੀ ਜੇਲ੍ਹ ਵਿੱਚ ਹੀ ਰਹਿਣਾ ਪਵੇਗਾ ਅਤੇ ਪੁਲਿਸ ਉੱਥੇ ਹੀ ਉਸ ਤੋਂ ਪੁੱਛਗਿੱਛ ਕਰੇਗੀ। ਜ਼ਿਕਰਯੋਗ ਹੈ ਕਿ ਸੰਸਦ ਮੈਂਬਰ ਅਮ੍ਰਿਤਪਾਲ ਸਿੰਘ 23 ਅਪਰੈਲ 2023 ਤੋਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ ਆਉਂਦੇ ਸ਼ਨੀਵਾਰ ਨੂੰ ਹੋਵੇਗੀ।
ਐਨ.ਐਸ.ਏ. ਖਤਮ ਹੋਣ ਤੋਂ ਬਾਅਦ ਅਮ੍ਰਿਤਪਾਲ ਸਿੰਘ ਰਸਮੀ ਤੌਰ ’ਤੇ ਗ੍ਰਿਫ਼ਤਾਰ

