ਮੁਹਾਲੀ/ਬਿਊਰੋ ਨਿਊਜ਼:- ਮੁਹਾਲੀ ਦੀ ਅਦਾਲਤ ਨੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੇ ਵਿਜੀਲੈਂਸ ਰਿਮਾਂਡ ਵਿਚ ਚਾਰ ਦਿਨਾ ਦਾ ਵਾਧਾ ਕਰ ਦਿੱਤਾ ਹੈ। ਮਜੀਠੀਆ ਨੂੰ ਡਰੱਗ ਮਨੀ ਤੇ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਸੱਤ ਦਿਨਾ ਦੇ ਰਿਮਾਂਡ ਦੀ ਮਿਆਦ ਮੁੱਕਣ ਮਗਰੋਂ ਅੱਜ ਬੁੱਧਵਾਰ ਨੂੰ ਮੁਹਾਲੀ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ।
ਦੋਵਾਂ ਧਿਰਾਂ ਵਿਚਾਲੇ ਚਾਰ ਘੰਟੇ ਦੇ ਕਰੀਬ ਬਹਿਸ ਚੱਲੀ ਅਤੇ ਇਸ ਤੋਂ ਬਾਅਦ ਮਜੀਠੀਆ ਦਾ ਚਾਰ ਦਿਨਾਂ ਦਾ ਰਿਮਾਂਡ ਵਧਾ ਦਿੱਤਾ। ਮਜੀਠੀਆ ਦੀ ਪੇਸ਼ੀ ਮੌਕੇ ਮੁਹਾਲੀ ਅਦਾਲਤ ਦੇ ਬਾਹਰ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਇਸ ਦੌਰਾਨ ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਣੇ ਹੋਰਨਾਂ ਅਕਾਲੀ ਆਗੂਆਂ ਨੂੰ ਚੰਡੀਗੜ੍ਹ-ਮੁਹਾਲੀ ਦੀ ਸਰਹੱਦ ਨੇੜਿਓਂ ਹਿਰਾਸਤ ਵਿਚ ਲੈ ਲਿਆ ਸੀ।
ਕੁਝ ਦੇਰ ਬਾਅਦ ਇਨ੍ਹਾਂ ਆਗੂਆਂ ਨੂੰ ਰਿਹਾਅ ਕਰ ਦਿੱਤਾ ਗਿਆ। ਸੁਖਬੀਰ ਬਾਦਲ ਨੇ ਆਰੋਪ ਲਾਇਆ ਹੈ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਸੂਬੇ ਵਿੱਚ ਅਣਐਲਾਨੀ ਐਮਰਜੈਂਸੀ ਲਗਾ ਦਿੱਤੀ ਹੈ।

